Home » ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (14-11-2023)…
Home Page News India Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (14-11-2023)…

Spread the news

Amrit vele da Hukamnama Sri Darbar Sahib Amritsar Ang 760 Date 14-11-23


ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ। ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧। ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨। ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩। ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪। ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫। ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬। ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭। ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।