ਉੱਤਰੀ ਭਾਰਤ ਦੇ ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੇ ਹਨ। ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂਆਂ ਵਿਚਕਾਰ ਕਿਸਾਨ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਵਿੱਚ ਦੋ ਵੱਡੇ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ।
ਪੰਧੇਰ ਅਤੇ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਵਾਉਣ ਲਈ ਭਾਰਤੀ ਪੱਧਰ ‘ਤੇ ਕਿਸਾਨ ਜਥੇਬੰਦੀਆਂ ਵੱਡੇ ਸੰਘਰਸ਼ ਦੀ ਤਿਆਰੀ ਕਰ ਰਹੀਆਂ ਹਨ। 2 ਜਨਵਰੀ ਨੂੰ ਅੰਮ੍ਰਿਤਸਰ, ਮਾਝੇ ਦੇ ਜੰਡਿਆਲਾ ਗੁਰੂ ਅਤੇ 6 ਜਨਵਰੀ ਨੂੰ ਬਰਨਾਲਾ, ਮਾਲਵੇ ਵਿੱਚ ਲੱਖਾਂ ਲੋਕ ਇਕੱਠੇ ਹੋ ਕੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖਣਗੇ।
ਇਸਤੋਂ ਇਲਾਵਾ ਕਿਸਾਨ ਆਗੂਆਂ ਨੇ ਕਿਹਾ ਕਿ ਦੋਵਾਂ ਮੰਚਾਂ ਤੋਂ ਕੇਂਦਰ ਸਰਕਾਰ ਤੋਂ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਅਤੇ ਡਾ: ਸਵਾਮੀਨਾਥਨ ਕਮਿਸ਼ਨ ਦੀਆਂ ਹਦਾਇਤਾਂ ਅਤੇ ਸੀ2+50% ਫਾਰਮੂਲੇ ਅਨੁਸਾਰ ਸਾਰੀਆਂ ਫ਼ਸਲਾਂ ਦਾ ਭਾਅ ਦੇਣ ਦੀ ਮੰਗ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਲਖੀਮਪੁਰ ਖੇੜੀ ਕਤਲਕਾਂਡ ਨੂੰ ਇਨਸਾਫ਼ ਦਿਵਾਉਣਾ, ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨਾ ਅਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਵਰਗੀਆਂ ਪਿਛਲੀਆਂ ਦਿੱਲੀ ਅੰਦੋਲਨ ਦੀਆਂ ਅਧੂਰੀਆਂ ਮੰਗਾਂ ਹਨ, ਜੋ ਪੂਰੀਆਂ ਨਹੀਂ ਹੋਈਆਂ। ਕਿਸਾਨਾਂ ਨੇ ਦਿੱਲੀ ਮੋਰਚੇ ਸਮੇਤ ਦੇਸ਼ ਭਰ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਕੇਸ ਰੱਦ ਕਰਨ ਦੀ ਮੰਗ ਵੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਭਰੋਸੇ ਵਿੱਚ ਲਏ ਬਿਨਾਂ ਬਿਜਲੀ ਖੇਤਰ ਦਾ ਨਿੱਜੀਕਰਨ ਕਰਨ ਲਈ ਬਿਜਲੀ ਸੋਧ ਬਿੱਲ ਲਾਗੂ ਨਾ ਕਰਨ ਬਾਰੇ ਵੀ ਸਹਿਮਤੀ ਬਣੀ ਸੀ ਪਰ ਇਨ੍ਹਾਂ ਮੁੱਦਿਆਂ ਵੱਲ ਧਿਆਨ ਨਹੀਂ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ, ਦਲਜੀਤ ਸਿੰਘ ਜੀਤਾ ਫੱਤਾ, ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਨਿਆਲ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।