ਆਮ ਆਦਮੀ ਪਾਰਟੀ ਵੱਲੋਂ 10 ਫਰਵਰੀ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੇ ਰਾਹੋਂ ਯਾਰਡ ਵਿਖੇ ਰੈਲੀ ਕੀਤੀ ਜਾ ਰਹੀ ਹੈ। ਰੈਲੀ ‘ਚ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਦੇਖਦੇ ਹੋਏ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾ ਰਹੇ ਹਨ।
ਬੁੱਧਵਾਰ ਨੂੰ ਏਡੀਜੀਪੀ (ਸੁਰੱਖਿਆ) ਪ੍ਰਵੀਨ ਸਿਨਹਾ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ। ਉਨ੍ਹਾਂ ਡੀਆਈਜੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ, ਐਸਐਸਪੀ ਖੰਨਾ ਅਮਨੀਤ ਕੌਂਡਲ ਦੇ ਨਾਲ ਰੈਲੀ ਵਾਲੀ ਥਾਂ ਅਤੇ ਆਸਪਾਸ ਦੇ ਇਲਾਕਿਆਂ ਦਾ ਨਿਰੀਖਣ ਕੀਤਾ।
ਏਡੀਜੀਪੀ ਨੇ ਕਿਹਾ ਕਿ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਗੱਲ ਦਾ ਧਿਆਨ ਰੱਖਿਆ ਜਾ ਰਿਹਾ ਹੈ। ਸੁਰੱਖਿਆ ਦੇ ਨਾਲ-ਨਾਲ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਰੈਲੀ ‘ਚ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਕਾਰਨ ਸਾਰੇ ਪਹਿਲੂਆਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਚਿਤ ਪਾਰਕਿੰਗ ਜ਼ੋਨ ਵੀ ਬਣਾਏ ਜਾ ਰਹੇ ਹਨ।
ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਕਰੀਬ 5 ਏਕੜ ਵਿੱਚ ਪੰਡਾਲ ਬਣਾਇਆ ਜਾ ਰਿਹਾ ਹੈ। ਇਸ ਮੈਗਾ ਰੈਲੀ ਵਿੱਚ ਪੰਜਾਬ ਭਰ ਤੋਂ ਪਾਰਟੀ ਵਰਕਰ, ਆਗੂ ਅਤੇ ਆਮ ਲੋਕ ਸ਼ਮੂਲੀਅਤ ਕਰਨਗੇ। ਮਹਾਰੈਲੀ ‘ਚ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ।