Home » ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜਮਾਨਤ ਦੀ ਮਿਆਦ ਸੁਪਰੀਮ ਕੋਰਟ ਨੇ ਵਧਾਈ…
Home Page News India India News

ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜਮਾਨਤ ਦੀ ਮਿਆਦ ਸੁਪਰੀਮ ਕੋਰਟ ਨੇ ਵਧਾਈ…

Spread the news

ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਕ ਵਾਰ ਫਿਰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ।  ਸੁਪਰੀਮ ਕੋਰਟ ਨੇ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਬੇਟੇ ਦੀ ਅੰਤਰਿਮ ਜ਼ਮਾਨਤ ਦੀ ਮਿਆਦ ਵਧਾ ਦਿੱਤੀ ਹੈ।  ਜਸਟਿਸ ਸੂਰਿਆ ਕਾਂਤ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਸੁਪਰੀਮ ਕੋਰਟ ਦੀ ਰਜਿਸਟਰੀ ਨੂੰ ਮਾਮਲੇ ਦੀ ਪ੍ਰਗਤੀ ਬਾਰੇ ਹੇਠਲੀ ਅਦਾਲਤ ਤੋਂ ਰਿਪੋਰਟ ਪ੍ਰਾਪਤ ਕਰਨ ਦਾ ਨਿਰਦੇਸ਼ ਦਿੱਤਾ ਅਤੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ। ਜਿਕਰਯੋਗ ਹੈ ਕਿ ਪਿਛਲੇ ਸਾਲ 26 ਸਤੰਬਰ ਨੂੰ ਸੁਪਰੀਮ ਕੋਰਟ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਦਿੱਲੀ ਦੇ ਹਸਪਤਾਲ ਜਾਣ ਦੀ ਇਜਾਜ਼ਤ ਦਿੱਤੀ ਸੀ।  ਹਾਲਾਂਕਿ, ਸਿਖਰਲੀ ਅਦਾਲਤ ਨੇ ਉਨ੍ਹਾਂ ਨੂੰ ਕਿਸੇ ਵੀ ਜਨਤਕ ਸਮਾਗਮ ਵਿੱਚ ਸ਼ਾਮਲ ਨਾ ਹੋਣ ਅਤੇ ਮੀਡੀਆ ਨਾਲ ਗੱਲ ਨਾ ਕਰਨ ਦਾ ਆਦੇਸ਼ ਦਿੱਤਾ ਸੀ।  ਸਿਖਰਲੀ ਅਦਾਲਤ ਨੇ ਆਸ਼ੀਸ਼ ਨੂੰ ਆਪਣੀ ਬੀਮਾਰ ਮਾਂ ਦੀ ਦੇਖਭਾਲ ਕਰਨ ਅਤੇ ਆਪਣੀ ਧੀ ਦਾ ਇਲਾਜ ਕਰਵਾਉਣ ਲਈ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਸੀ।  ਸੁਪਰੀਮ ਕੋਰਟ ਨੇ 25 ਜਨਵਰੀ ਨੂੰ ਹੇਠਲੀ ਅਦਾਲਤ ਵੱਲੋਂ ਮਿਸ਼ਰਾ ਨੂੰ ਦਿੱਤੀ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਢਿੱਲ ਦਿੱਤੀ ਸੀ।  ਮਿਸ਼ਰਾ ਨੂੰ ਇਸ ਦੌਰਾਨ ਉੱਤਰ ਪ੍ਰਦੇਸ਼ ਜਾਂ ਦਿੱਲੀ ਵਿੱਚ ਨਾ ਰਹਿਣ ਲਈ ਕਿਹਾ ਗਿਆ ਹੈ।  ਲਖੀਮਪੁਰ ਖੇੜੀ ਦੇ ਕਿਸਾਨ 3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਦਾ ਵਿਰੋਧ ਕਰ ਰਹੇ ਸਨ।  ਇਸ ਦੌਰਾਨ ਇੱਕ ਐਸਯੂਵੀ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੁਚਲ ਦਿੱਤਾ।  ਜਿਸ ਵਿੱਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ ।  ਇਸ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਐਸਯੂਵੀ ਡਰਾਈਵਰ ਅਤੇ ਭਾਜਪਾ ਦੇ ਦੋ ਵਰਕਰਾਂ ਦੀ ਕੁੱਟਮਾਰ ਕੀਤੀ ਸੀ ।  ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।  ਇਸ ਘਟਨਾ ਨੂੰ ਲੈ ਕੇ ਵਿਰੋਧੀ ਧਿਰ ਅਤੇ ਕਿਸਾਨ ਜਥੇਬੰਦੀਆਂ ਨੇ ਹੰਗਾਮਾ ਕੀਤਾ। ਬੀਤੇ ਸਾਲ 11 ਜੁਲਾਈ ਨੂੰ ਸੁਪਰੀਮ ਕੋਰਟ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ।