ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ‘ਤੇ ਇਤਿਹਾਸਕ ਫੈਸਲਾ ਸੁਣਾਇਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਹੁਕਮ ਦਿੱਤਾ ਹੈ ਕਿ ਮੇਅਰ ਚੋਣਾਂ ਵਿੱਚ ਅਯੋਗ ਐਲਾਨੇ ਗਏ 8 ਬੈਲਟ ਪੇਪਰਾਂ ਨੂੰ ਜਾਇਜ਼ ਮੰਨਿਆ ਜਾਵੇਗਾ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਵੱਲੋਂ ਸੁਣਾਏ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਉਨ੍ਹਾਂ ਟਵੀਟ ਕੀਤਾ ਕਿ “ਆਖ਼ਿਰ ਸੱਚਾਈ ਦੀ ਹੋਈ ਜਿੱਤ; ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ‘ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ… CJI ਨੇ ਪ੍ਰੀਜ਼ਾਇਡਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ ‘ਆਪ’ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ, ਬੀਜੇਪੀ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ ਹੈ, ਲੋਕਤੰਤਰ ਦੀ ਇਸ ਵੱਡੀ ਜਿੱਤ ‘ਤੇ ਚੰਡੀਗੜ੍ਹ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ।