ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਨੂੰ ਗ੍ਰਹਿ ਮੰਤਰਾਲੇ ਵੱਲੋਂ ਅਰਧ ਸੈਨਿਕ ਬਲਾਂ ਵਾਲੀ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਕੇਂਦਰੀ ਖੁਫੀਆ ਏਜੰਸੀਆਂ ਦੀ ਧਮਕੀ ਧਾਰਨਾ ਰਿਪੋਰਟ ਦੇ ਆਧਾਰ ‘ਤੇ ਕਾਂਗਰਸ ਪ੍ਰਧਾਨ ਨੂੰ ਸੀਆਰਪੀਐਫ ਦੀ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਸੀਆਰਪੀਐਫ ਦੇ ਕੁੱਲ 58 ਕਮਾਂਡੋ ਮੱਲਿਕਾਰਜੁਨ ਖੜਗੇ ਨੂੰ 24 ਘੰਟੇ ਸੁਰੱਖਿਆ ਪ੍ਰਦਾਨ ਕਰਨਗੇ। ਕਾਂਗਰਸ ਪ੍ਰਧਾਨ ਨੂੰ ਦੇਸ਼ ਭਰ ਵਿੱਚ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਜਾਵੇਗੀ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਕਾਂਗਰਸ ਪ੍ਰਧਾਨ ਖੜਗੇ ਨੂੰ ਖਤਰੇ ਦੀ ਸੰਭਾਵਨਾ ਨੂੰ ਉਜਾਗਰ ਕਰਨ ਵਾਲੀ ਕੇਂਦਰੀ ਖੁਫੀਆ ਏਜੰਸੀਆਂ ਦੀ ਰਿਪੋਰਟ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਨੂੰ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਕੇਂਦਰ ਸਰਕਾਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉੱਘੀਆਂ ਸ਼ਖ਼ਸੀਅਤਾਂ ਅਤੇ ਸਿਆਸੀ ਆਗੂਆਂ ਨੂੰ ਖਤਰੇ ਦੀ ਸਮੀਖਿਆ ਕਰ ਰਹੀ ਹੈ।
ਜ਼ੈੱਡ ਪਲੱਸ ਸੁਰੱਖਿਆ ਵਿੱਚ ਨੈਸ਼ਨਲ ਸਕਿਓਰਿਟੀ ਗਾਰਡਜ਼ ਕਮਾਂਡੋ ਅਤੇ ਪੁਲਿਸ ਕਰਮਚਾਰੀ ਸ਼ਾਮਲ ਹੁੰਦੇ ਹਨ। ਸਾਰੇ ਆਧੁਨਿਕ ਹਥਿਆਰਾਂ ਨਾਲ ਲੈਸ ਹੁੰਦੇ ਹਨ। ਟੀਮ ਦਾ ਹਰੇਕ ਮੈਂਬਰ ਮਾਰਸ਼ਲ ਆਰਟਸ ਅਤੇ ਨਿਹੱਥੇ ਲੜਾਈ ਦੇ ਹੁਨਰ ਵਿੱਚ ਮਾਹਰ ਹੁੰਦਾ ਹੈ। ਦੇਸ਼ ਦੇ ਕਰੀਬ 40 ਵੀਆਈਪੀਜ਼ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ।