Home » ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (1-3-2024)…
Home Page News India Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (1-3-2024)…

Spread the news

Sachkhand Sri Harmandir Sahib Amritsar Vikhe Hoyea Amrit Wele Da Mukhwak Ang:676 01-03-24


ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਅਰਥ: ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥ ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ॥੨॥ ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ, ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ॥੩॥ ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ, ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ॥੪॥੨॥੨੩॥