ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।ਜਲੰਧਰ ‘ਚ ਸਿਟੀ ਪੁਲਸ ਨੇ 8 ਨਾਜਾਇਜ਼ ਪਿਸਤੌਲਾਂ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਸਿਟੀ ਪੁਲੀਸ ਨੇ ਉਪਰੋਕਤ ਕੁਝ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਉਕਤ ਗਰੋਹ ਕੋਲੋਂ ਹੁਣ ਤੱਕ 25 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।
ਇਸ ਤੋਂ ਬਿਨਾਂ ਕੋਰੀਅਰ ਕੰਪਨੀ ਦੇ ਸੰਚਾਲਕ ਨੂੰ 2 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਅਫੀਮ ਦੀ ਕੁੱਲ ਬਰਾਮਦਗੀ 29 ਕਿਲੋ ਹੋ ਗਈ ਹੈ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪੂਰੇ ਪੰਜਾਬ ਵਿਚ ਹਥਿਆਰ ਸਪਲਾਈ ਕਰਦੇ ਸਨ। ਲੁਧਿਆਣਾ ਤੋਂ ਉਕਤ ਅਸਲਾ ਸਪਲਾਈ ਚੇਨ ਚਲਾਉਂਦਾ ਸੀ। ਜਲਦ ਹੀ ਪੁਲਸ ਸਾਰੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ। ਪੁਲਿਸ ਵੱਲੋਂ ਉਕਤ ਮੁਲਜ਼ਮਾਂ ਕੋਲੋਂ ਹੋਰ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।