Amritvele da Hukamnama Sri Darbar Sahib, Amritsar, Ang 784 Date 19-04-2024
ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥
ਰਾਗ ਸੂਹੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ। ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ। ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।