ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਗੁਰੂ ਘਰ ਵਿਚ ਮਰਿਆਦਾ ਦੀ ਉਲੰਘਣਾ ਬਰਦਾਸ਼ਤਯੋਗ ਨਹੀਂ ਹੈ। ਪ੍ਰੋ.. ਬਡੂੰਗਰ ਨੇ ਕਿਹਾ ਕਿ ਸਿੱਖ ਧਰਮ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਅਤੇ ਗੁਰੂ ਘਰ ਵਿਚ ਪੰਗਤ ਅਤੇ ਸੰਗਤ ਰਾਹੀਂ ਮਨੁੱਖ ਨੂੰ ਜੀਵਨ ਜਾਂਚ ਮਿਲਦੀ ਹੈ, ਪ੍ਰੰਤੂ ਕੁਝ ਸ਼ਰਾਰਤੀ ਕਿਸਮ ਦੇ ਲੋਕ ਜਾਣ ਬੁੱਝ ਕੇ ਗੁਰੂ ਘਰਾਂ ਨੂੰ ਨਿਸ਼ਾਨਾ ਬਣਾ ਰਹੇ ਅਤੇ ਇਥੋਂ ਤੱਕ ਗੁਰਦੁਆਰਾ ਆਲਮਗੀਰ ਵਿਖੇ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਨੂੰ ਸਾਹਮਣੇ ਲਿਆਉਣ ਦੀ ਲੋੜ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਘਰ ਦੇ ਲੰਗਰਾਂ ਵਿਚ ਜਿਹੜੀਆਂ ਚੀਜ਼ਾਂ ਦੀ ਸਖਤ ਮਨਾਹੀ ਹੈ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿਚ ਲਿਆਉਣਾ ਸਖਤ ਅਪਰਾਧ ਹੈ, ਜੋ ਨਿਰਾਦਰੀ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਸਮੇਤ ਮਰਿਆਦਾ ਦੀ ਉਲੰਘਣਾ ਕਰਨ ਵਾਲਿਆਂ ਪਿੱਛੇ ਸਾਜਿਸ਼ੀ ਸ਼ਰਾਰਤ ਹੁੰਦੀ ਹੈ ਇਸ ਕਰਕੇ ਸਿੱਖ ਸੰਗਤ ਅਜਿਹੀਆਂ ਘਟਨਾਵਾਂ ਨੂੰ ਸਹਿਣ ਨਹੀਂ ਕਰੇਗੀ। ਸਾਬਕਾ ਪ੍ਰਧਾਨ ਨੇ ਕਿਹਾ ਕਿ ਮੰਦਬੁੱਧੀ ਵਰਗੇ ਸ਼ਬਦਾਂ ਦੀ ਵਰਤੋਂ ਕਰਕੇ ਅਜਿਹੇ ਲੋਕ ਕਾਨੂੰਨ ਦੇ ਘੇਰੇ ਵਿਚੋਂ ਨਿਕਲ ਜਾਂਦੇ ਹਨ ਇਸ ਕਰਕੇ ਕਾਨੂੰਨੀ ਕਾਰਵਾਈ ਦੌਰਾਨ ਜਾਂਚ ਕਰਕੇ ਸੱਚਾਈ ਸਾਰਿਆਂ ਦਾ ਸਾਹਮਣੇ ਰੱਖੀ ਜਾਵੇ ਤਾਂ ਕਿ ਸਿੱਖ ਹਿਰਦਿਆਂ ਨੂੰ ਸ਼ਾਂਤ ਕੀਤਾ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰਥਿਕ ਕਦਮ ਚੁੱਕੇ ਅਤੇ ਮਰਿਆਦਾ ਦਾ ਉਲੰਘਣਾ ਕਰਨ ਵਾਲਿਆਂ ਪਿੱਛੇ ਕਿਹੜੇ ਸਾਜਿਸ਼ੀ ਹਨ ਅਜਿਹੇ ਚਿਹਰਿਆਂ ਨੂੰ ਬੇਨਕਾਬ ਕੀਤਾ ਜਾਵੇ।