AMRIT VELE DA HUKAMNAMA SRI DARBAR SAHIB AMRITSAR, ANG 561, 03-09-2024
ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥
ਮੈ ਮਨਿ = ਮੇਰੇ ਮਨ ਵਿਚ। ਹਰੇ = ਹੇ ਹਰੀ! ਪਾਵਾ = ਪਾਵਾਂ, ਮੈਂ ਪਾ ਲਵਾਂ। ਜਾਇ = ਜਾ ਕੇ। ਪੁਛਾ = ਪੁਛਾਂ, ਮੈਂ ਪੁੱਛਦੀ ਹਾਂ। ਸਤਗੁਰੈ = ਗੁਰੂ ਨੂੰ। ਪੁਛਿ = ਪੁੱਛ ਕੇ। ਮੁਗਧੁ = ਮੂਰਖ। ਸਮਝਾਵਾ = ਸਮਝਾਵਾਂ, ਮੈਂ ਸਮਝਾਂਦੀ ਹਾਂ।
ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥