ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਢਾਈ ਸਾਲ ਪੂਰੇ ਹੋਣ ‘ਤੇ ਪੰਜਾਬ ਪੁਲਿਸ ਨੇ ਇਸ ਦੌਰਾਨ ਕੀਤੀ ਕਾਰਵਾਈ ਦਾ ਵੇਰਵਾ ਪੇਸ਼ ਕੀਤਾ। ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 16 ਮਾਰਚ 2022 ਤੋਂ ਹੁਣ ਤੱਕ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 3581 ਵਪਾਰਕ ਐਫਆਈਆਰਜ਼ ਸਮੇਤ ਕੁੱਲ 29152 ਐਫਆਈਆਰ ਦਰਜ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 2546 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 2457 ਕਿਲੋ ਅਫੀਮ, 1156 ਕੁਇੰਟਲ ਭੁੱਕੀ ਅਤੇ 4.29 ਕਰੋੜ ਗੋਲੀਆਂ, ਕੈਪਸੂਲ, ਟੀਕੇ ਅਤੇ ਫਾਰਮਾ ਅਫੀਮ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਨੇ ਪਿਛਲੇ ਢਾਈ ਸਾਲਾਂ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 30.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਢਾਈ ਸਾਲਾਂ ਵਿੱਚ ਵੱਡੇ ਤਸਕਰਾਂ ਦੀਆਂ 324.28 ਕਰੋੜ ਰੁਪਏ ਦੀਆਂ 602 ਜਾਇਦਾਦਾਂ ਜ਼ਬਤ ਕੀਤੀਆਂ ਹਨ। ਜਦੋਂ ਕਿ 103.50 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 192 ਮਾਮਲੇ ਸਮਰੱਥ ਅਧਿਕਾਰੀ ਦੇ ਵਿਚਾਰ ਅਧੀਨ ਹਨ।ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ ਕੇਸਾਂ ਵਿੱਚ 2378 ਭਗੌੜੇ ਗ੍ਰਿਫ਼ਤਾਰ ਕੀਤੇ ਗਏ ਹਨ। ਆਈਜੀਪੀ ਨੇ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫੀਲਡ ਯੂਨਿਟਾਂ ਨਾਲ ਮਿਲ ਕੇ 1420 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ, 12 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ ਮੁਕਾਇਆ ਹੈ ਅਤੇ 508 ਗੈਂਗਸਟਰਾਂ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ 1324 ਹਥਿਆਰ ਜ਼ਬਤ ਕੀਤੇ ਹਨ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾਂਦੇ ਵਾਹਨ, 56.7 ਕਿਲੋ ਹੈਰੋਇਨ ਅਤੇ 4.05 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਆਈਜੀਪੀ ਨੇ ਕਿਹਾ ਕਿ ਅੰਦਰੂਨੀ ਸੁਰੱਖਿਆ ਵਿੰਗ ਨੇ 272 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ, 45 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 34 ਰਾਈਫਲਾਂ, 303 ਰਿਵਾਲਵਰ, ਪਿਸਤੌਲ, 14 ਹੈਂਡ ਗ੍ਰਨੇਡ ਅਤੇ 290 ਡਰੋਨ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਅੰਦਰ ਮੋਬਾਈਲ ਫ਼ੋਨਾਂ ਦੀ ਵਰਤੋਂ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 1663 ਆਈਐਮਈਆਈ ਨੰਬਰਾਂ ਨੂੰ ਬਲੈਕ ਲਿਸਟ ਕੀਤਾ ਹੈ ਅਤੇ 475 ਮੋਬਾਈਲ ਨੰਬਰ ਬਲਾਕ ਕੀਤੇ ਹਨ। ਇਸ ਤੋਂ ਇਲਾਵਾ ਗੈਂਗਸਟਰਾਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਘੱਟੋ-ਘੱਟ 6500 ਸੋਸ਼ਲ ਮੀਡੀਆ ਅਕਾਊਂਟਸ ਨੂੰ ਵੀ ਬਲਾਕ ਕਰ ਦਿੱਤਾ ਗਿਆ ਹੈ।