Home » ਦਿੱਲੀ ਸਿੱਖ ਕਤਲੇਆਮ ਦੇ ਇਕ ਮਾਮਲੇ ‘ਚ ਨਾਮਜਦ ਸੱਜਣ ਕੁਮਾਰ ਖ਼ਿਲਾਫ਼ 21 ਜਨਵਰੀ ਨੂੰ ਫ਼ੈਸਲਾ ਆਉਣ ਦੀ ਸੰਭਾਵਨਾ…
Home Page News India India News

ਦਿੱਲੀ ਸਿੱਖ ਕਤਲੇਆਮ ਦੇ ਇਕ ਮਾਮਲੇ ‘ਚ ਨਾਮਜਦ ਸੱਜਣ ਕੁਮਾਰ ਖ਼ਿਲਾਫ਼ 21 ਜਨਵਰੀ ਨੂੰ ਫ਼ੈਸਲਾ ਆਉਣ ਦੀ ਸੰਭਾਵਨਾ…

Spread the news

ਦਿੱਲੀ ਦੀ ਇੱਕ ਅਦਾਲਤ 21 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਜੋ ਕਿ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਉਮਰਕੈਦ ਦੀ ਸਜ਼ਾ ਭੁਗਤ ਰਿਹਾ ਹੈ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਅੰਦਰ ਪੇਸ਼ ਹੋਇਆ ਸੀ, ਵਿਰੁੱਧ 1984 ਦੇ ਸਿੱਖ ਕਤਲੇਆਮ ਦੇ ਕਤਲ ਕੇਸ ਵਿੱਚ ਆਪਣਾ ਫ਼ੈਸਲਾ ਸੁਣਾਏਗੀ। ਇਹ ਮਾਮਲਾ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਖੇਤਰ ਵਿੱਚ ਦੋ ਸਿੱਖਾਂ ਦੀ ਹੱਤਿਆ ਨਾਲ ਜੁੜਿਆ ਹੋਇਆ ਹੈ। ਅਦਾਲਤ ਅੰਦਰ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਫ਼ੈਸਲੇ ਨੂੰ ਟਾਲਦਿਆਂ ਅਗਲੀ ਤਰੀਕ 21 ਜਨਵਰੀ ਜਾਰੀ ਕੀਤੀ ਹੈ। ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਸਬੰਧੀ ਪੰਜਾਬੀ ਬਾਗ ਥਾਣਾ ਦੀ ਪੁਲੀਸ ਨੇ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਕਾਰਵਾਈ ਸੰਭਾਲ ਲਈ। 16 ਦਸੰਬਰ 2021 ਨੂੰ ਅਦਾਲਤ ਨੇ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ। ਇਸਤਗਾਸਾ ਪੱਖ ਦੇ ਅਨੁਸਾਰ ਮਾਰੂ ਹਥਿਆਰਾਂ ਨਾਲ ਲੈਸ ਇੱਕ ਵੱਡੀ ਭੀੜ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਵੱਡੇ ਪੱਧਰ ‘ਤੇ ਲੁੱਟਮਾਰ, ਅੱਗਜ਼ਨੀ ਅਤੇ ਸਿੱਖਾਂ ਦੀਆਂ ਜਾਇਦਾਦਾਂ ਨੂੰ ਤਬਾਹ ਕੀਤਾ।ਇਸਤਗਾਸਾ ਪੱਖ ਨੇ ਦੋਸ਼ ਲਾਇਆ ਕਿ ਭੀੜ ਨੇ ਸ਼ਿਕਾਇਤਕਰਤਾ ਜਸਵੰਤ ਸਿੰਘ ਦੀ ਪਤਨੀ ਦੇ ਘਰ ‘ਤੇ ਹਮਲਾ ਕੀਤਾ, ਉਸ ਦੇ ਪਤੀ ਅਤੇ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਕਰ ਦਿੱਤੀ, ਇਸ ਤੋਂ ਇਲਾਵਾ ਸਾਮਾਨ ਲੁੱਟਿਆ ਅਤੇ ਘਰ ਨੂੰ ਅੱਗ ਲਗਾ ਦਿੱਤੀ।