ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਤਸਵੀਰਾਂ ਪੋਸਟ ਕਰਕੇ ਦਹਿਸ਼ਤ ਦਾ ਮਾਹੌਲ ਬਣਾਉਣ ਦੇ ਦੋਸ਼ ਹੇਠ ਥਾਣਾ ਸਿਟੀ ਫਰੀਦਕੋਟ ਦੀ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ਼ ਬੱਗੀ ਵਾਸੀ ਫਰੀਦਕੋਟ ਵਜੋਂ ਹੋਈ ਹੈ।ਪੁਲਿਸ ਮੁਤਾਬਕ ਦੋਸ਼ੀ ਨੇ ਆਪਣੇ ਪਿਸਤੌਲ ਨੂੰ ਕੰਨ ਨਾਲ ਲਗਾ ਕੇ ਅਤੇ ਹੋਰ ਹਥਿਆਰਾਂ ਨਾਲ ਤਸਵੀਰਾਂ ਖਿੱਚ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ। ਇਹ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।ਇਸ ਸਬੰਧੀ ਪੁਲਿਸ ਨੂੰ ਸੂਚਨਾ ਮਿਲਣ ‘ਤੇ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਬਾਅਦ ਵਿੱਚ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਇਸ ਤਰ੍ਹਾਂ ਦੀਆਂ ਤਸਵੀਰਾਂ ਪੋਸਟ ਕਰਕੇ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਜਾਰੀ ਹੈ।













