Home » ਪਾਕਿਸਤਾਨ ‘ਚ ਸਿੱਖ ਜੋੜੇ ਦੇ ਕਤਲ ਦੀ ਜਥੇਦਾਰ ਗੜਗੱਜ ਨੇ ਕੀਤੀ ਕਰੜੀ ਨਿੰਦਾ, ਦੋਸ਼ੀਆਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ
Home Page News India India News World

ਪਾਕਿਸਤਾਨ ‘ਚ ਸਿੱਖ ਜੋੜੇ ਦੇ ਕਤਲ ਦੀ ਜਥੇਦਾਰ ਗੜਗੱਜ ਨੇ ਕੀਤੀ ਕਰੜੀ ਨਿੰਦਾ, ਦੋਸ਼ੀਆਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ

Spread the news


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਦੇ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸ੍ਰੀ ਜਗਨਨਾਥ ਅਤੇ ਬੀਬੀ ਅਸਮਾ ਵੰਤੀ ਦੇ ਗੋ਼ਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਖੈਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਮੁਹੰਮਦ ਸੋਹੇਲ ਖਾਨ ਅਫ਼ਰੀਦੀ ਨੂੰ ਇਸ ਮਾਮਲੇ ਦਾ ਕਰੜਾ ਨੋਟਿਸ ਲੈਂਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਬਹੁਤ ਹੀ ਘੱਟ ਗਿਣਤੀ ਵਿੱਚ ਹਨ ਅਤੇ ਜੇਕਰ ਉੱਥੇ ਇਸ ਤਰ੍ਹਾਂ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕੀਤਾ ਜਾਵੇਗਾ ਤਾਂ ਇਹ ਘੱਟ ਗਿਣਤੀਆਂ ਵਿਰੁੱਧ ਇਹ ਵੱਡਾ ਅੱਤਿਆਚਾਰ ਹੈ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਹ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਘੱਟ ਗਿਣਤੀ ਕੌਮਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਕੀਤਾ ਹੈ ਕਿ ਕੀ ਪਾਕਿਸਤਾਨ ਅੰਦਰ ਘੱਟ ਗਿਣਤੀ ਕੌਮਾਂ ਸੁਰੱਖਿਅਤ ਹਨ ਜਾਂ ਨਹੀਂ? ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਗੁਰਦੁਆਰਾ ਸਾਹਿਬ ਅੰਦਰ ਕੀਤੇ ਗਏ ਇਸ ਦੋਹਰੇ ਕਤਲ ਮਾਮਲੇ ਵਿੱਚ ਦੋਸ਼ੀਆਂ ਦੇ ਮਨਸ਼ਾ ਨੂੰ ਪਾਰਦਰਸ਼ਤਾ ਨਾਲ ਸਾਹਮਣੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ, ਜਿੱਥੇ ਹਰ ਰੋਜ਼ ਸਰਬੱਤ ਦੇ ਭਲੇ ਲਈ ਅਰਦਾਸ ਹੁੰਦੀ ਹੈ, ਨਿਰਦੋਸ਼ ਸਿੱਖਾਂ ਨੂੰ ਕਤਲ ਕਰਨਾ ਘੋਰ ਅਪਰਾਧ ਅਤੇ ਮਨੁੱਖਤਾ ਵਿਰੋਧੀ ਕਾਰਾ ਹੈ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਤਲ ਕੀਤੇ ਗਏ ਸਿੱਖ ਜੋੜੇ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਦੋਵੇਂ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਦਾ ਭਾਣਾ ਮੰਨਣ ਲਈ ਬਲ ਬਖ਼ਸ਼ਣ।