ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਜਾਣ ਦੌਰਾਨ ਕਥਿਤ ਤੌਰ ਤੇ ਮਰਿਆਦਾ ਦੀ ਉਲੰਘਣਾ ਹੋਣ ਦੇ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਦੁਆਰਾ ਸਿੰਘ ਸਭਾ ਸਰੀ ਦੀ ਪ੍ਰਬੰਧਕ ਕਮੇਟੀ ਤੋਂ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਕਮੇਟੀ ਨੂੰ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਅਕਾਲ ਤਖ਼ਤ ਵੱਲੋਂ ਭੇਜੇ ਗਏ ਪੱਤਰ ਵਿੱਚ ਗੁਰਦੁਆਰੇ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਗਿਣਤੀ ਅਤੇ ਹੋਰ ਸਬੰਧਤ ਜਾਣਕਾਰੀ ਵੀ ਮੰਗੀ ਗਈ ਹੈ।
ਪਿਛਲੇ ਹਫ਼ਤੇ ਟੋਰਾਂਟੋ ਤੋਂ ਕੁਝ ਸਿੰਘ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲੈਣ ਲਈ ਗੁਰਦੁਆਰਾ ਸਿੰਘ ਸਭਾ ਪਹੁੰਚੇ ਸਨ। ਉਨ੍ਹਾਂ ਦੀ ਗੱਡੀ ਵਿੱਚ ਮਰਿਆਦਾ ਅਨੁਸਾਰ ਉਚਿਤ ਪ੍ਰਬੰਧ ਨਹੀਂ ਸੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤ ਵਿੱਚ ਭਾਰੀ ਰੋਸ ਫੈਲ ਗਿਆ। ਸੰਗਤ ਵੱਲੋਂ ਗੁਰਦੁਆਰੇ ਅੱਗੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।
ਗੁਰਦੁਆਰਾ ਸਿੰਘ ਸਭਾ ਸਰੀ ਦੀ ਕਮੇਟੀ ਮੁਤਾਬਕ ਜਦੋਂ ਟੋਰਾਂਟੋ ਤੋਂ ਆਏ ਸਿੰਘਾਂ ਕੋਲ ਗੱਡੀ ਵਿੱਚ ਮਰਿਆਦਾ ਮੁਤਾਬਕ ਪ੍ਰਬੰਧ ਨਹੀਂ ਸੀ, ਤਾਂ ਪਾਵਨ ਬੀੜਾਂ ਨੂੰ ਵਾਪਸ ਗੁਰਦੁਆਰਾ ਸਾਹਿਬ ਵਿੱਚ ਸਥਾਪਤ ਕਰ ਦਿੱਤਾ ਗਿਆ। ਕਮੇਟੀ ਨੇ ਦਾਅਵਾ ਕੀਤਾ ਹੈ ਕਿ ਇਸ ਉਲੰਘਣਾ ਦਾ ਮਾਮਲਾ ਸਾਹਮਣੇ ਆਉਣ ’ਤੇ ਉਨ੍ਹਾਂ ਸਿੰਘਾਂ ਨੂੰ ਤਾੜਨਾ ਕੀਤੀ ਗਈ। ਸੰਗਤ ਵਿੱਚ ਰੋਸ ਦੇਖਦਿਆਂ ਉਨ੍ਹਾਂ ਵਿਅਕਤੀਆਂ ਵੱਲੋਂ ਮਾਫ਼ੀ ਵੀ ਮੰਗੀ ਗਈ, ਜਿਸ ਦੀ ਵੀਡੀਓ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸੰਗਤ ਨਾਲ ਸਾਂਝੀ ਕੀਤੀ ਗਈ ਹੈ।
ਇਸ ਮਾਮਲੇ ’ਤੇ ਅਕਾਲ ਤਖ਼ਤ ਵੱਲੋਂ ਲਏ ਗਏ ਕਦਮ ਤੋਂ ਬਾਅਦ ਗੁਰਦੁਆਰਾ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਵਾਬ ਦੀ ਉਡੀਕ ਕੀਤੀ ਜਾ ਰਹੀ ਹੈ।














Add Comment