Home » ਅਮਰੀਕੀ ਸਫ਼ੀਰ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ….
Home Page News • India • India News

ਅਮਰੀਕੀ ਸਫ਼ੀਰ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ….

Spread the news

ਅਮਰੀਕੀ ਸਫ਼ੀਰ ਸਰਜੀਓ ਗੋਰ ਨੇ ਅੱਜ 28 ਮੈਂਬਰੀ ਵਫ਼ਦ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਮਰੀਕੀ ਸਫ਼ੀਰ ਦਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਲੋਈ ਦੇ ਕੇ ਸਨਮਾਨ ਕੀਤਾ।ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਰਜੀਓ ਗੋਰ ਨੇ ਕਿਹਾ ਕਿ ਉਹ ਦੂਜੀ ਵਾਰ ਸ੍ਰੀ ਦਰਬਾਰ ਸਾਹਿਬ ਆਏ ਹਨ। ਉਨ੍ਹਾਂ ਨੇ ਦੱਸਿਆ ਕਿ “ਲਗਭਗ 15 ਸਾਲ ਪਹਿਲਾਂ ਉਹ ਆਪਣੇ ਮਾਤਾ-ਪਿਤਾ ਨਾਲ ਇੱਥੇ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਆਪਣੀਆਂ ਪੁਰਾਣੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਧਾਮੀ ਨੇ ਕਿਹਾ ਕਿ SGPC ਵੱਲੋਂ ਅਮਰੀਕੀ ਰਾਜਦੂਤ ਦਾ ਸਵਾਗਤ ਕੀਤਾ ਗਿਆ ਅਤੇ ਸਿੱਖਾਂ ਨਾਲ ਸਬੰਧਤ ਕੁਝ ਮੁੱਦਿਆਂ ’ਤੇ ਬੈਠ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।” ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਵੱਲੋਂ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਪਲਾਜਾ ਵਿਖੇ ਤਖਤੀਆਂ ਲੈ ਕੇ ਪ੍ਰਦਰਸ਼ਨ ਕੀਤਾ ਹੈ। ਈਮਾਨ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਧ ਰਹੇ ਤਣਾਅ ਕਾਰਨ ਪੰਜਾਬ, ਖਾਸ ਕਰਕੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵੱਡੇ ਖਤਰੇ ਦਾ ਸਾਹਮਣਾ ਕਰ ਰਹੇ ਹਨ। ‘ਅਪਰੇਸ਼ਨ ਸਿੰਧੂਰ’ ਅਤੇ ‘ਸਿੰਧੂ ਜਲ ਸਮਝੌਤੇ’ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੋਵਾਂ ਮੁਲਕਾਂ ਵਿਚਾਲੇ ਗੱਲਬਾਤ ਮੁੜ ਸ਼ੁਰੂ ਕਰਨ ਅਤੇ ਪਾਣੀ ਦੇ ਸਹਿਯੋਗ ਨੂੰ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਨੇ ਅਮਰੀਕੀ ਰਾਜਦੂਤ ਨੂੰ 7-ਨੁਕਾਤੀ ਮੰਗ ਪੱਤਰ ਸੌਂਪਿਆ ਹੈ, ਜਿਸ ਵਿੱਚ ਭਾਰਤ-ਪਾਕਿਸਤਾਨ ਵਿਚਾਲੇ ਜੰਗੀ ਹਾਲਾਤ ਰੋਕਣ ਲਈ ਅਮਰੀਕੀ ਡਿਪਲੋਮੈਟਿਕ ਦਖਲ, ਸਿੰਧੂ ਜਲ ਸਮਝੌਤਾ ਬਹਾਲੀ, ਤਾਪੀ (TAPI) ਪਾਈਪਲਾਈਨ ਪ੍ਰੋਜੈਕਟ ’ਤੇ ਵਿਚਾਰ ਕਰਨ ਅਤੇ ਵਪਾਰ, ਯਾਤਰਾ ਤੇ ਤੀਰਥ ਯਾਤਰਾ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਸ਼ਾਮਲ ਹੈ।