Home » ਨਸ਼ਾ ਮਾਫੀਆ ਨੂੰ ਹੱਲਾਸ਼ੇਰੀ ਦੇਣ ਲਈ ਮੁੱਖ ਮੰਤਰੀ ਅਸਤੀਫ਼ਾ ਦੇਣ : ਹਰਸਿਮਰਤ ਕੌਰ ਬਾਦਲ
Home Page News • India • India News

ਨਸ਼ਾ ਮਾਫੀਆ ਨੂੰ ਹੱਲਾਸ਼ੇਰੀ ਦੇਣ ਲਈ ਮੁੱਖ ਮੰਤਰੀ ਅਸਤੀਫ਼ਾ ਦੇਣ : ਹਰਸਿਮਰਤ ਕੌਰ ਬਾਦਲ

Spread the news


ਸਾਬਕਾ ਕੇਂਦਰੀ ਮੰਤਰੀ, ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਵਧ ਗਏ ਹਨ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਵੀ ਸੁਰੱਖਿਅਤ ਨਹੀਂ ਹਨ।ਗਿੱਲ ਹਲਕੇ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵੱਲੋਂ ਡੇਹਲੋਂ ਵਿਖੇ ਕਰਵਾਈ ਰੈਲੀ ਦੌਰਾਨ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਬਾ ਬਾਦਲ ਨੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਮੋਹਣਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਨਾਲ ਸਬੰਧਤ ਮਾਮਲਿਆਂ ਦਾ ਹਵਾਲਾ ਦਿੰਦਿਆਂ ਵੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ।ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ ਪੰਜ ਏਐੱਸਆਈਜ਼ ਦੇ ਕਤਲ ਹੋਏ ਹਨ, ਜਦਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬਜਾਏ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਹੀ ਕੇਸਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਸਰਕਾਰ ਬਣਨ ਦੇ ਚਾਰ ਮਹੀਨਿਆਂ ਅੰਦਰ ਨਸ਼ੇ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਨਸ਼ਿਆਂ ਦਾ ਪਸਾਰ ਰੁਕਣ ਦੀ ਬਜਾਏ ਗੰਭੀਰ ਸਮੱਸਿਆ ਬਣ ਗਿਆ ਹੈ।ਬੀਬਾ ਬਾਦਲ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਦਾ ਸਭ ਤੋਂ ਵੱਧ ਖਮਿਆਜ਼ਾ ਮਾਵਾਂ ਤੇ ਧੀਆਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਵੱਲੋਂ ਬਣਾਈ ਜਾ ਰਹੀ ‘ਮਾਈ ਭਾਗੋ ਦੀ ਫ਼ੌਜ’ ਨਾਲ ਜੁੜਨ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਤੇ ਉਨ੍ਹਾਂ ਨੂੰ ਕਥਿਤ ਸਰਪ੍ਰਸਤੀ ਦੇਣ ਵਾਲਿਆਂ ਬਾਰੇ ਜਾਣਕਾਰੀ ਇਕੱਠੀ ਕਰਨ।

ਉਨ੍ਹਾਂ ਕਿਹਾ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮਹਿਲਾ ਡੀਜੀਪੀ ਦੀ ਅਗਵਾਈ ਹੇਠ ਟਾਸਕ ਫੋਰਸ ਬਣਾਈ ਜਾਵੇਗੀ, ਜੋ ਇਕੱਠੀ ਕੀਤੀ ਜਾਣਕਾਰੀ ਦੀ ਜਾਂਚ ਕਰੇਗੀ। ਨਸ਼ਾ ਛੱਡਣ ਵਾਲਿਆਂ ਲਈ ਮੁੜ-ਵਸੇਬਾ ਪ੍ਰੋਗਰਾਮ ਸ਼ੁਰੂ ਕਰਨ, ਹੁਨਰ ਸਿਖਲਾਈ ਦੇਣ ਅਤੇ ਕਰਜ਼ੇ ਰਾਹੀਂ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਵਾਅਦਾ ਵੀ ਕੀਤਾ।